December 26, 2024
Punjab Speaks Team / National
ਕੇਰਲ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਕਰਵਾਏ ਗਏ ਇਕ ਪ੍ਰੋਗਰਾਮ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ। ਇਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ, ਜੋ ਕਿ ਵਾਇਰਲ ਹੋ ਗਿਆ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ 'ਤੇ ਪੇਸ਼ ਕਰਨ ਦੇ ਮਾਮਲੇ ਵਿੱਚ ਸਖ਼ਤ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ। ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰੰਤ ਜਨਤਕ ਖੇਤਰਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ।
ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਅਤੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਨਾਲ ਸਬੰਧਤ ਸਕੂਲਾਂ ਵਿੱਚ ਅਜਿਹੀ ਕੋਈ ਵੀ ਗਤੀਵਿਧੀ ਕਰਨ ਤੋਂ ਪਹਿਲਾਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜਾਂ ਸ਼੍ਰੋਮਣੀ ਕਮੇਟੀ ਦੀ ਮਦਦ ਲਈ ਜਾਵੇ। ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਵੀਰ ਬਾਲ ਦਿਵਸ ਵਜੋਂ ਰੱਖੇ ਗਏ ਨਾਂ ਨੂੰ ਵੀ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਨਹੀਂ ਕੀਤਾ ਅਤੇ ਉਨ੍ਹਾਂ ਵੱਲੋਂ ਸਾਹਿਬਜ਼ਾਦਾ ਸ਼ਹੀਦੀ ਦਿਵਸ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਿੱਖਾਂ ਵਿੱਚ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਲਈ ਬਾਬਾ ਸ਼ਬਦ ਵਰਤਿਆ ਜਾਂਦਾ ਹੈ ਜਦਕਿ ਬਾਲ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਂਦੀ।
Chote Sahibzade s Song Composed In A School Program In Kerala SGPC Raised Objection