June 2, 2026
Punjab Speaks Team /
ਅੰਮ੍ਰਿਤਸਰ, 02 ਜੂਨ 2026 : ਪੰਜਾਬ ਪੁਲਿਸ ਨੇ 6 ਜੂਨ ਨੂੰ ਮਨਾਏ ਜਾ ਰਹੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਲਈ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਨਿਯਮਤ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਫਲੈਗ ਮਾਰਚ 6 ਜੂਨ ਤੱਕ ਜਾਰੀ ਰਹਿਣਗੇ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਲਈ ਇੱਕ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਤਿੰਨਾਂ ਜ਼ੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਵੇਦਨਸ਼ੀਲ ਇਲਾਕਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ।
ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨਾਂ ਦੇ ਨਾਲ BSF, ITBP ਅਤੇ RAF ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾ ਸਕੇ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਪੁਰਾਣੇ ਸ਼ਹਿਰ ਦੇ ਖੇਤਰਾਂ, ਹਰਿਮੰਦਰ ਸਾਹਿਬ ਅਤੇ ਆਲੇ ਦੁਆਲੇ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਫਲੈਗ ਮਾਰਚਾਂ ਦਾ ਉਦੇਸ਼ ਜਨਤਾ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਕਿਸੇ ਵੀ ਅਫਵਾਹ ਜਾਂ ਸਮਾਜ ਵਿਰੋਧੀ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਹੈ।
ਪੁਲਿਸ ਅਨੁਸਾਰ, ਸ਼ਹਿਰ ਭਰ ਵਿੱਚ ਨਿਰੰਤਰ ਗਸ਼ਤ, ਨਾਕਾਬੰਦੀ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।
Operation Blue Star Week Security Increased In Amritsar