August 24, 2024
Punjab Speaks Team / Punjab
ਲੁਧਿਆਣਾ, 24 ਅਗਸਤ (000) ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਨੀਵਾਰ ਨੂੰ ਗੁਰੂ ਨਾਨਕ ਪਬਲਿਕ ਸਕੂਲ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ "ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ" ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਪ੍ਰਗਟ ਕੀਤੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਪ੍ਰੇਰਣਾ ਦਾ ਨੌਜਵਾਨਾਂ 'ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਨੌਜਵਾਨ ਪੀੜੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ। ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।
ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਅਜਿਹੇ ਖੇਡ ਮੇਲੇ ਕਰਵਾਏ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜ਼ੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸਿ਼ਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੱਛਮੀ ਸ੍ਰੀ ਦੀਪਕ ਭਾਟੀਆ ਅਤੇ ਗੁਰੂ ਨਾਨਕ ਪਬਲਿਕ ਸਕੂਲ ਦੇ ਪ੍ਰਧਾਨ ਸ੍ਰੀ ਜਸਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਮੋਨਾ ਸਿੰਘ, ਜੀ.ਐਸ ਫਾਊਂਡੇਸ਼ਨ ਕਾਲਜ ਆਫ ਲਾਅ ਦੇ ਡਾਇਰੈਕਟਰ ਸ੍ਰੀ ਸ਼ਰਵਨ ਸਹਿਗਲ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਮੋਗਾ ਸ੍ਰੀ ਹਰਦੀਪ ਸਿੰਘ ਲੋਧੀ ਅਤੇ ਸਟਾਫ ਹਾਜ਼ਰ ਸੀ।
Speaker Inaugurates CISCE Regional Athletic Tournament At Guru Nanak Stadium