September 10, 2024
Punjab Speaks Team / Ludhiana
ਲੁਧਿਆਣਾ, 10 ਸਤੰਬਰ (000)ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਸ਼ਹਿਰੀ ਅਤੇ ਪਿੰਡਾਂ ਦੇ ਖੇਤਰ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਥਾਨਕ ਬਸੰਤ ਪਾਰਕ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਹਨਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਸ੍ਰੀ ਵਿਕਾਸ ਹੀਰਾ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸ਼ਿਰਕਤ ਕੀਤੀ।
ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਨਗਰ ਨਿਗਮ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।
ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਸਥਾਨਕ ਬਸੰਤ ਪਾਰਕ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮਨਜ਼ੂਰੀ ਪੱਤਰ ਸੌਂਪੇ।
ਸ੍ਰੀਮਤੀ ਹਰਵਿੰਦਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਦਲਜੀਤ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਰਾਜਿੰਦਰ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ੍ਰੀ ਤੇਜਿੰਦਰ ਸਿੰਘ, ਸ੍ਰੀ ਰਜਿੰਦਰ ਕੁਮਾਰ, ਸ੍ਰੀ ਅਰੁਣ ਸ਼ਰਮਾ ਅਤੇ ਸ੍ਰੀ ਗੁਰਮੇਲ ਸਿੰਘ ਵਾਸੀ ਲੁਧਿਆਣਾ ਨੇ ਵੀ ਬੁਢਾਪਾ ਪੈਨਸ਼ਨਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ, ਸਥਾਨਕ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੋਣ ਕਾਰਨ ਉਨ੍ਹਾਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹਨ ਕਿ ਅਸੀਂ ਸਰਕਾਰ ਲੋਕਾਂ ਦੇ ਬਰੂਹਾਂ ਵਿੱਚ ਲੈ ਕੇ ਜਾਈਏ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤੀਆ ਜਾ ਸਕਣ l ਉਸ ਮੰਤਵ ਨਾਲ ਹੀ ਅਸੀਂ ਇੱਥੇ ਪਹੁੰਚੇ ਹਾਂl ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਹਰ ਹਫਤੇ ਵਿਚ ਦੋ ਵਾਰ ਸਰਕਾਰ ਤੁਹਾਡੇ ਦੁਆਰ ਦੇ ਕੈਂਪ ਲਗਾਏ ਜਾਂਦੇ ਹਨ l ਇਹਨਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਫ਼ਸਰ ਮੌਜੂਦ ਰਹਿੰਦੇ ਹਨ l ਉਹਨਾਂ ਕਿਹਾ ਅੱਜ ਮੌਕੇ ਤੇ ਹੀ ਕਈ ਲੋਕਾਂ ਦੀਆਂ ਵਿਧਵਾ, ਬੁਢਾਪਾ ਤੇ ਅੰਗਹੀਣ ਪੈਨਸ਼ਨਾ ਲਗਾਈਆਂ ਗਈਆਂ ਅਤੇ ਬਹੁਤ ਸਾਰੇ ਲੋਕਾਂ ਨੂੰ ਸਰਕਾਰ ਦੀਆ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ l ਉਹਨਾਂ ਕਿਹਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਲੋਕਾਂ ਨੂੰ ਉਨ੍ਹਾਂ ਦੇ ਬਰੂਹਾਂ ਤੇ ਹੀ ਪ੍ਰਦਾਨ ਕੀਤੀਆ ਜਾਣ। ਉਹਨਾਂ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ਤੇ ਆ ਕੇ ਹੀ ਲੋਕਾਂ ਦੀਆਂ ਮੁਸਕਲਾਂ ਦਾ ਪਤਾ ਲੱਗਦਾ ਹੈ ਤਾਂ ਹੀ ਇਹਨਾਂ ਮੁਸ਼ਕਲਾਂ ਨੂੰ ਸੁਣ ਕੇ ਹੀ ਹੱਲ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਗਲੇ ਕੈਂਪ ਲਗਾਉਣ ਤੋਂ ਪਹਿਲਾ-ਪਹਿਲਾ ਅਸੀਂ ਪਿਛਲੇ ਕੈਂਪ ਦੀਆਂ ਜਿੰਨੀਆਂ ਵੀ ਸ਼ਿਕਾਇਤਾਂ ਜਾਂ ਸੇਵਾਵਾਂ ਹਲੇ ਪ੍ਰਦਾਨ ਨਹੀਂ ਹੋਈਆਂ ਉਨ੍ਹਾਂ ਨੂੰ ਵੀ ਪ੍ਰਦਾਨ ਕਰ ਸਕੀਏ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦੀ 100 ਫੀਸਦੀ ਵਰਤੋਂ ਕੀਤੀ ਜਾ ਸਕੇ।
Sarkar Tuhade Dwar Camp