ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ
December 1, 2023
Punjab Speaks / Punjab
ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ - ਹਰਪਾਲ ਸਿੰਘ ਚੀਮਾ
ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ
ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ -ਚ ਤੇਲ
ਪਟਿਆਲਾ, 1 ਦਸੰਬਰ-(ਅਮਰੀਕਇੰਦਰ ਸਿੰਘ) ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ -ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ -ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।  -Lok Punjab News Views and Reviews
Recommended News
Trending
Punjab Speaks/Punjab
Just Now