April 10, 2025

Punjab Speaks Team / Panjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ। ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ।
ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।
Thanked Pakistan High Commission For Generously Granting Visas To Pilgrims
