January 5, 2026
Punjab Speaks Team / Panjab
ਫਿਰੋਜ਼ਪੁਰ, 5 ਜਨਵਰੀ 2026:
26 ਜਨਵਰੀ 2026 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ।
ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਸਮਰਪਿਤ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਹਰ ਸਾਲ ਦੀ ਤਰ੍ਹਾਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਪੀ.ਸੀ.ਐਸ.(ਅੰਡਰ ਟ੍ਰੇਨਿੰਗ), ਜ਼ਿਲਾ ਸਿੱਖਿਆ ਅਫਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲਾ ਸਿੱਖਿਆ ਅਫਸਰ (ਐ.ਸਿੱ) ਸੁਨੀਤਾ ਰਾਣੀ, ਜ਼ਿਲਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Additional Deputy Commissioner Met With Heads Of Various Departments Regarding Preparations For Republic Day Celebrations Held A Meeting