January 20, 2026
Punjab Speaks Team / Panjab
ਤਰਨ ਤਾਰਨ, 20 ਜਨਵਰੀ 2026 - ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਸਥਿਤ ਆਪਣੇ ਕੈਂਪ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦਾ ਉਦੇਸ਼ ਪੱਟੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ।
ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਕੈਬਨਿਟ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਕੇ ਸਿਹਤ ਸੇਵਾਵਾਂ, ਹੜ੍ਹ ਪ੍ਰਭਾਵਿਤ ਇਲਾਕਿਆਂ, ਡਰੇਨੇਜ, ਸਟ੍ਰੀਟ ਲਾਈਟਾਂ, ਪਾਣੀ ਸਪਲਾਈ, ਬਿਜਲੀ ਸਪਲਾਈ, ਸੜਕਾਂ, ਰੈਵਨਿਊ ਮਾਮਲਿਆਂ, ਸਮਾਜਿਕ ਭਲਾਈ ਸਕੀਮਾਂ ਅਤੇ ਹੋਰ ਨਾਗਰਿਕ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕੈਬਨਿਟ ਮੰਤਰੀ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਉਹ ਨਿਰੰਤਰ ਜਨ ਸੰਪਰਕ ਪ੍ਰੋਗਰਾਮ ਆਯੋਜਿਤ ਕਰ ਰਹੇ ਹਨ, ਜਿਸ ਨੂੰ ਲੋਕਾਂ ਵੱਲੋਂ ਬੇਹੱਦ ਚੰਗਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਦੂਰਦਰਸ਼ੀ ਸੋਚ ਅਧੀਨ “ਸਰਕਾਰ ਤੁਹਾਡੇ ਦੁਆਰ” ਵਰਗੀਆਂ ਕਈ ਲੋਕ-ਹਿਤੈਸ਼ੀ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਪਹਿਲ ਕਦਮੀਆਂ ਰਾਹੀਂ ਉਹ ਖੁਦ ਹਲਕੇ ਦੇ ਸੈਂਕੜੇ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਤਾਂ ਜੋ ਵਸਨੀਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਕਾਤਾਂ ਨਾਲ ਸਰਕਾਰ ਨੂੰ ਜ਼ਮੀਨੀ ਪੱਧਰ ਦੇ ਮੁੱਦਿਆਂ ਦੀ ਸਮਝ ਬਣੀ ਹੈ ਅਤੇ ਵਿਕਾਸ ਲਈ ਤਰਜੀਹਾਂ ਨਿਰਧਾਰਤ ਕਰਨ ਵਿੱਚ ਮੱਦਦ ਮਿਲੀ ਹੈ। ਇਸ ਦੇ ਨਾਲ ਹੀ ਕਈ ਵਾਰ ਲੋਕਾਂ ਦੇ ਨਿੱਜੀ ਝਗੜੇ ਸੁਲਝਾਉਣ ਦਾ ਸਬੱਬ ਵੀ ਇਹ ਲੋਕ ਮਿਲਣੀ ਬਣ ਰਹੀ ਹੈ।
ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਲੋਕ ਮਿਲਣੀ ਦੇ ਇਹ ਪ੍ਰੋਗਰਾਮ ਖ਼ਾਸ ਕਰਕੇ ਮਜ਼ਦੂਰ ਵਰਗ, ਵੱਡੀ ਉਮਰ ਦੇ ਨਾਗਰਿਕਾਂ ਲਈ ਬਹੁਤ ਲਾਭਕਾਰੀ ਹਨ, ਕਿਉਂਕਿ ਉਨ੍ਹਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ। ਇਸ ਦੀ ਬਜਾਏ ਉਨ੍ਹਾਂ ਨੂੰ ਆਪਣੇ ਚੁਣੇ ਹੋਏ ਪ੍ਰਤੀਨਿਧੀ ਨਾਲ ਸਿੱਧੀ ਮੁਲਾਕਾਤ ਕਰਕੇ ਤੁਰੰਤ ਹੱਲ ਪ੍ਰਾਪਤ ਕਰਨ ਲਈ ਇੱਕ ਮੰਚ ਮਿਲਦਾ ਹੈ। ਇਹ ਜਨਤਕ ਮਿਲਣੀਆਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਜਿਸ ਨਾਲ ਲੋਕ ਬਿਨਾਂ ਕਿਸੇ ਰੁਕਾਵਟ ਦੇ ਲਾਭ ਪ੍ਰਾਪਤ ਕਰ ਸਕਦੇ ਹਨ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਸਕਾਰਾਤਮਕ ਫੀਡਬੈਕ ਇਹ ਸਾਬਤ ਕਰਦਾ ਹੈ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਸ਼ਾਸਨ ਵਿੱਚ ਪਾਰਦਰਸ਼ਤਾ, ਭਰੋਸਾ ਅਤੇ ਪਹੁੰਚ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ, “ਸਾਡਾ ਮਕਸਦ ਸਰਕਾਰ ਨੂੰ ਲੋਕਾਂ ਤੱਕ ਲਿਜਾਣਾ, ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਉਣਾ ਅਤੇ ਇਹ ਯਕੀਨ ਬਣਾਉਣਾ ਹੈ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਨਾਗਰਿਕ ਤੱਕ ਪਹੁੰਚੇ।
Cabinet Minister Laljit Singh Bhullar Meets People In Patti Resolves People s Complaints On The Spot