January 23, 2026
Punjab Speaks Team / Panjab
ਸੁਨਾਮ , 23 ਜਨਵਰੀ - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਦਾ ਕੰਮ ਅੱਜ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨੇ ਗੁਰੂਦੁਆਰਾ ਸਾਹਿਬ ਕੋਕੋ ਮਾਜਰੀ ਵਿਖੇ ਮੱਥਾ ਟੇਕਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਲਾਕੇ ਦੇ ਘਰਾਂ ਵਿੱਚ ਖੁਦ ਜਾ ਕੇ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਉਹਨਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ। ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ, 2,500 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ।
ਉਹਨਾਂ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। “ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।”
ਉਹਨਾਂ ਕਿਹਾ ਕਿ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।
ਉਹਨਾਂ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ, ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਅੱਜ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।
ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ,ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ।
ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਤਿੰਦਰ ਜੈਨ, ਓ ਐੱਸ ਡੀ ਸ੍ਰ ਅੰਮ੍ਰਿਤ ਸਿੰਘ ਸਿੱਧੂ, ਵੱਖ ਵੱਖ ਵਾਰਡਾਂ ਦੇ ਕੌਂਸਲਰ, ਪਾਰਟੀ ਕਾਰਕੁੰਨ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।
Cabinet Minister Aman Arora Launches Registration Of Activities In Sunam Constituency