May 26, 2026
Punjab Speaks Team / Punjab
26 ਮਈ 2026 :ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਲਾਭਪਾਤਰੀਆਂ ਵੰਡੀਆਂ ਰਾਸ਼ਨ ਕਿੱਟਾਂ — ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਗਣੇਸ਼ ਨਗਰ ਇਲਾਕੇ ਵਿੱਚ ਅੱਜ ਲੋਕ ਭਲਾਈ ਦੇ ਤਹਿਤ ਮੇਰੀ ਰਸੋਈ ਸਕੀਮ ਦੀ ਸ਼ੁਰੂਆਤ ਹੋਈ। ਇਸ ਦੌਰਾਨ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਅਤੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਮੇਰੀ ਰਸੋਈ ਸਕੀਮ ਦੀ ਸ਼ੁਰੂਆਤ ਮੌਕੇ ਤੇ ਇਲਾਕਾ ਨਿਵਾਸੀਆਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਹਿਸ ਦੌਰਾਨ ਹਾਜ਼ਰ ਹਲਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ਸਕੀਮ’ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ ਤਾਂ ਜੋ ਕੋਈ ਵੀ ਪਰਿਵਾਰ ਰੋਜ਼ਾਨਾ ਦੀਆਂ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਹਿੰਗਾਈ ਦੇ ਦੌਰ ਵਿੱਚ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਘਰੇਲੂ ਖਰਚੇ ਚਲਾਉਣਾ ਕਾਫੀ ਮੁਸ਼ਕਿਲ ਹੋ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋੜਵੰਦ ਲੋਕਾਂ ਨੂੰ ਸਿੱਧੀ ਰਾਹਤ ਦਿੱਤੀ ਜਾ ਸਕੇ। ਵਿਧਾਇਕ ਪੱਪੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਰਾਜਨੀਤੀ ਦਾ ਅਸਲ ਮਕਸਦ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਸਮਾਜਿਕ ਭਲਾਈ ਦੇ ਉਪਰਾਲਿਆਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਸੜਕਾਂ, ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਸੁਧਾਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸਮਾਜ ਦੇ ਗਰੀਬ ਵਰਗ ਦੀ ਸਹਾਇਤਾ ਲਈ ਇਸ ਤਰ੍ਹਾਂ ਦੇ ਉਪਰਾਲੇ ਸਮੇਂ ਦੀ ਲੋੜ ਹਨ ਅਤੇ ਇਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਜਨ ਪ੍ਰਤਿਨਿਧੀਆਂ ਪ੍ਰਤੀ ਵਿਸ਼ਵਾਸ ਵੀ ਮਜ਼ਬੂਤ ਹੁੰਦਾ ਹੈ। ਇਸ ਮੌਕੇ ਤੇ ਆਪ ਦੇ ਕੌਂਸਲਰ, ਸਮਾਜ ਸੇਵੀ ਸੰਸਥਾਵਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।
Meri Rasoi Scheme Launched From Ganesh Nagar In Central Constituency