July 2, 2026
Punjab Speaks Team / Panjab
ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਮਾਲੇਰਕੋਟਲਾ ਦੇ ਇੱਕ ਕਾਲਜ ਵਿੱਚ ਪ੍ਰੀਖਿਆ ਦੌਰਾਨ ਕਥਿਤ ਤੌਰ 'ਤੇ ਸ਼ਰੇਆਮ ਨਕਲ ਹੋਣ ਅਤੇ ਯੂਨੀਵਰਸਿਟੀ ਦੇ ਨਿਯਮਾਂ ਦੇ ਉਲਟ ਮੁੜ ਪ੍ਰੀਖਿਆ ਕਰਵਾਉਣ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾਉਂਦਿਆਂ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜ਼ਿੰਮੇਵਾਰੀ ਇੱਕ ਸੀਨੀਅਰ ਅਧਿਕਾਰੀ ਨੂੰ ਸੌਂਪੀ ਗਈ ਹੈ, ਜੋ ਪੂਰੇ ਘਟਨਾਕ੍ਰਮ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਯੂਨੀਵਰਸਿਟੀ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਕਾਲਜ ਪ੍ਰਸ਼ਾਸਨ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ, ਪਰ ਮਿਲੇ ਜਵਾਬਾਂ ਨਾਲ ਪ੍ਰਸ਼ਾਸਨ ਸੰਤੁਸ਼ਟ ਨਹੀਂ ਹੋਇਆ। ਇਸ ਤੋਂ ਬਾਅਦ ਪ੍ਰੀਖਿਆ ਵਿੱਚ ਸ਼ਾਮਲ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ ਤਾਂ ਜੋ ਤੱਥਾਂ ਦੀ ਪੂਰੀ ਤਸਦੀਕ ਕੀਤੀ ਜਾ ਸਕੇ।
ਜਾਣਕਾਰੀ ਅਨੁਸਾਰ 30 ਜੂਨ 2026 ਨੂੰ ਕਾਲਜ ਦੇ ਕਮਰਾ ਨੰਬਰ 29 ਵਿੱਚ ਐੱਮ.ਏ. ਅੰਗਰੇਜ਼ੀ ਦੂਜੇ ਸਮੈਸਟਰ ਦੇ ‘ਪੰਜਾਬੀ ਭਾਸ਼ਾ ਮੁੱਢਲਾ ਗਿਆਨ’ ਵਿਸ਼ੇ ਦੀ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਕੇ ਕਥਿਤ ਤੌਰ 'ਤੇ ਖੁੱਲ੍ਹੇਆਮ ਨਕਲ ਕੀਤੀ ਗਈ। ਦੋਸ਼ ਹੈ ਕਿ ਨਿਗਰਾਨ ਅਮਲੇ ਦੀ ਮਿਲੀਭੁਗਤ ਜਾਂ ਲਾਪਰਵਾਹੀ ਕਾਰਨ ਇਹ ਸਭ ਕੁਝ ਬਿਨਾਂ ਕਿਸੇ ਰੋਕ-ਟੋਕ ਦੇ ਚੱਲਦਾ ਰਿਹਾ। ਇਸ ਦੌਰਾਨ ਖਿੱਚੀਆਂ ਗਈਆਂ ਤਸਵੀਰਾਂ ਵਿੱਚ ਪ੍ਰੀਖਿਆ ਹਾਲ ਦਾ ਦ੍ਰਿਸ਼ ਕੈਦ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ, ਜਿਸ ਨੇ ਪ੍ਰੀਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਤੱਥ ਵੀ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਸੇ ਵਿਸ਼ੇ ਦੀ ਪ੍ਰੀਖਿਆ ਕਾਲਜ ਵੱਲੋਂ 30 ਮਈ ਨੂੰ ਪਹਿਲਾਂ ਹੀ ਕਰਵਾਈ ਜਾ ਚੁੱਕੀ ਸੀ, ਪਰ ਇਸ ਦੇ ਬਾਵਜੂਦ 30 ਜੂਨ ਨੂੰ ਯੂਨੀਵਰਸਿਟੀ ਦੇ ਨਿਯਮਾਂ ਦੇ ਉਲਟ ਮੁੜ ਪ੍ਰੀਖਿਆ ਕਰਵਾ ਦਿੱਤੀ ਗਈ। ਇਸ ਕਾਰਨ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ ਅਤੇ ਜਾਂਚ ਦਾ ਘੇਰਾ ਵਧਾ ਦਿੱਤਾ ਗਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਡਾ. ਮਨੀਸ਼ ਕਪੂਰ ਨੇ ਦੱਸਿਆ ਕਿ ਨਕਲ ਨਾਲ ਸਬੰਧਤ ਤਸਵੀਰਾਂ ਅਤੇ ਲਿਖਤੀ ਸ਼ਿਕਾਇਤ ਯੂਨੀਵਰਸਿਟੀ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਨਿਗਰਾਨ ਅਮਲਾ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।
Allegations Of Cheating In The Examination Have Exposed The Flaws In The Arrangements Punjabi University Has Intensified The Probe Into The Malerkotla College