July 10, 2026
Punjab Speaks Team / Panjab
ਮਮਦੋਟ ਦੇ ਨੇੜਲੇ ਪਿੰਡ ਲਖਮੀਰ ਕੇ ਉਤਾੜ (ਭੱਟੀਆਂ) ਦੇ 21 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਗੁਰਪ੍ਰੀਤ ਸਿੰਘ ਨੇ ਬੀਤੀ 30 ਜੂਨ ਨੂੰ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਗੰਭੀਰ ਹਾਲਤ ਵਿੱਚ ਉਸ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਆਖ਼ਿਰਕਾਰ ਏਮਸ ਬਠਿੰਡਾ ਵਿੱਚ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਕਰੀਬ 10 ਤੋਂ 12 ਸਾਲ ਪਹਿਲਾਂ ਉਨ੍ਹਾਂ ਨੇ ਜ਼ਮੀਨ ਖਰੀਦ ਕੇ ਉੱਥੇ ਰਹਿਣਾ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਦੂਜੀ ਧਿਰ ਦੇ ਕੁਝ ਨੌਜਵਾਨਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਪਰਿਵਾਰ ਨੂੰ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਕਈ ਵਾਰ ਕੁੱਟਮਾਰ ਵੀ ਕੀਤੀ ਗਈ।
ਗੁਰਮੀਤ ਸਿੰਘ ਨੇ ਦੱਸਿਆ ਕਿ ਲਗਾਤਾਰ ਪਰੇਸ਼ਾਨੀ ਅਤੇ ਕਥਿਤ ਧੱਕੇਸ਼ਾਹੀ ਕਾਰਨ ਗੁਰਪ੍ਰੀਤ ਸਿੰਘ ਮਾਨਸਿਕ ਤੌਰ ’ਤੇ ਬਹੁਤ ਦੁਖੀ ਰਹਿੰਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪਰਿਵਾਰ ਵੱਲੋਂ ਸ਼ਿਕਾਇਤਾਂ ਕਰਨ ਦੇ ਬਾਵਜੂਦ ਪੁਲਿਸ ਵੱਲੋਂ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਨੌਜਵਾਨ ਨੂੰ ਗਹਿਰਾ ਝਟਕਾ ਲੱਗਿਆ। ਪਰਿਵਾਰ ਮੁਤਾਬਕ 30 ਜੂਨ ਨੂੰ ਗੁਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਲਾਈਵ ਕਰਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਪਹਿਲਾਂ ਮਮਦੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਫਿਰੋਜ਼ਪੁਰ ਰੈਫਰ ਕੀਤਾ ਗਿਆ।
ਇਸ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ। ਸਿਹਤ ਵਿੱਚ ਸੁਧਾਰ ਨਾ ਹੋਣ ਕਾਰਨ ਉਸ ਨੂੰ ਅੱਗੇ ਏਮਸ ਬਠਿੰਡਾ ਭੇਜਿਆ ਗਿਆ, ਜਿੱਥੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।
Tragic Incident In Mamdot Youth Dies After Ingesting A Poisonous Substance Following The Recording Of A Video